Buland kesari/ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਗੈਰ-ਕਾਨੂੰਨੀ ਪਿਸਤੌਲ, 1 ਕਿਲੋ 54 ਗ੍ਰਾਮ ਹੈਰੋਇਨ, 5 ਜ਼ਿੰਦਾ ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ।
ਪੁਲਿਸ ਮੁਤਾਬਕ ਮੁਲਜ਼ਮਾਂ ਦੇ ਸਬੰਧ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਅਤੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨਾਲ ਹਨ।
ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋ 54 ਗ੍ਰਾਮ ਹੈਰੋਇਨ, ਕਾਰਤੂਸ ਅਤੇ ਇੱਕ ਡਰੋਨ ਬਰਾਮਦ ਹੋਇਆ ਹੈ।
ਉੱਥੇ ਹੀ ਦੂਜੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 10 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਅਨੁਸਾਰ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ। ਉਹ ਕਥਿਤ ਤੌਰ ’ਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਨਾਲ-ਨਾਲ ਹਥਿਆਰਾਂ ਦੀ ਸਪਲਾਈ ਅਤੇ ਲੁੱਟ-ਖੋਹ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ। ਪੁਲਿਸ ਦੀ ਸਮੇਂ ਸਿਰ ਕੀਤੀ ਕਾਰਵਾਈ ਨਾਲ ਸੰਭਾਵਿਤ ਵਾਰਦਾਤ ਨੂੰ ਟਾਲ ਦਿੱਤਾ ਗਿਆ।
ਪੁਲਿਸ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਸਿੱਧੇ ਤੌਰ ’ਤੇ 15 ਅਗਸਤ ਨਾਲ ਸਬੰਧਤ ਨਹੀਂ ਹੈ। ਹਾਲਾਂਕਿ, ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਸ਼ਹਿਰ ਵਿੱਚ 18 ਦਿਨ ਅਤੇ 18 ਰਾਤਾਂ ਲਈ ਪੱਕੇ ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਵਾਧੂ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਮੋਬਾਈਲ ਫੋਰੈਂਸਿਕ ਰਾਹੀਂ ਮੁਲਜ਼ਮਾਂ ਦੇ ਪਾਕਿਸਤਾਨ ਅਤੇ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਨਾਲ ਪੁਰਾਣੇ ਸੰਪਰਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਸਥਾਨਕ ਗੁਰਗਿਆਂ ਰਾਹੀਂ ਫਿਰੌਤੀ, ਗੋਲੀਬਾਰੀ ਅਤੇ ਹੋਰ ਅਪਰਾਧਿਕ ਵਾਰਦਾਤਾਂ ਦੀ ਸਾਜ਼ਿਸ਼ ਰਚਦੇ ਹਨ।
ਪੁਲਿਸ ਹੁਣ ਇਨ੍ਹਾਂ ਨੈੱਟਵਰਕਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਭਾਲ ਵਿੱਚ ਜੁਟੀ ਹੋਈ ਹੈ। ਵਿਦੇਸ਼ਾਂ ਵਿੱਚ ਬੈਠੇ ਲੋੜੀਂਦੇ ਅਪਰਾਧੀਆਂ ਨੂੰ ਐਕਸਟ੍ਰਾਡੀਸ਼ਨ ਰਾਹੀਂ ਭਾਰਤ ਲਿਆਉਣ ਦੀ ਪ੍ਰਕਿਰਿਆ ’ਤੇ ਵੀ ਕੰਮ ਕੀਤਾ ਜਾ ਰਿਹਾ ਹੈ।
ਪੁਲਿਸ ਨੇ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








