Buland kesari ;- ਅਮਰੀਕਾ ਤੋਂ 295 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਡਿਪੋਰਟ ਹੋਣਗੇ, ਹਾਲਾਂਕਿ ਉਨ੍ਹਾਂ ਦੇ ਆਉਣ ਦੇ ਵੇਰਵੇ, ਉਡਾਣ ਦੀ ਤਰੀਕ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ। ਭਾਰਤ ਸਰਕਾਰ ਨੇ ਸੰਸਦ ਵਿੱਚ ਇਹ ਜਾਣਕਾਰੀ ਦਿੱਤੀ। ਵਿਦੇਸ਼ ਮਤਰੀ ਐੱਸ.ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਕਾਰ ਉਨ੍ਹਾਂ 295 ਲੋਕਾਂ ਦੀ ਨਾਗਰਿਕਤਾ ਦੀ ਜਾਂਚ ਕਰ ਰਹੀ ਹੈ, ਜੋਕਿ ਅਮਰੀਕੀ ਫੌਜ ਦੀ ਹਿਰਾਸਤ ਵਿਚ ਹੈ। ਅਮਰੀਕੀ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ। ਵਿਦੇਸ਼ ਮੰਤਰੀ ਨੇ 13 ਮਾਰਚ ਨੂੰ ਇੱਕ ਲਿਖਤੀ ਜਵਾਬ ਵਿਚ ਰਾਜ ਸਭਾ ਨੂੰ ਦੱਸਿਆ ਕਿ ਲੋਕਾਂ ਦੇ ਭਾਰਤੀ ਨਾਗਰਿਕ ਹੋਣ ਦੀ ਪੁਸ਼ਟੀ ਕੀਤੀ ਜਾਵੇਗੀ, ਸਿਰਫ ਉਨ੍ਹਾਂ ਨੂੰ ਹੀ ਡਿਪੋਰਟ ਜਾਣ ਲਈ ਸਵੀਕਾਰ ਕੀਤਾ ਜਾਵੇਗਾ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਜਨਵਰੀ 2025 ਤੋਂ 13 ਮਾਰਚ ਤੱਕ ਕੁੱਲ 388 ਭਾਰਤੀਆਂ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਸਦਨ ਨੂੰ ਦੱਸਿਆ ਕਿ 2009 ਤੋਂ ਹੁਣ ਤੱਕ ਕੁੱਲ 15,952 ਭਾਰਤੀਆਂ ਨੂੰ ਅਮਰੀਕਾ ਵੱਲੋਂ ਡਿਪੋਰਟ ਕੀਤਾ ਜਾ ਚੁੱਕਾ ਹੈ। 2019 ਵਿੱਚ ਵੱਧ ਤੋਂ ਵੱਧ 2,042 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ 5 ਫਰਵਰੀ ਨੂੰ ਜਦੋਂ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਲਿਆਂਦਾ ਗਿਆ ਸੀ ਤਾਂ ਉਨ੍ਹਾਂ ਨਾਲ ਕਥਿਤ ਦੁਰਵਿਵਹਾਰ ਅਤੇ ਹੱਥਕੜੀ ਲਾਉਣ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ ‘ਚ ਅਮਰੀਕਾ ਸਾਹਮਣੇ ਚਿੰਤਾ ਜ਼ਾਹਰ ਕੀਤੀ ਹੈ। ਹਾਲਾਂਕਿ, ਸਰਕਾਰ ਨੇ ਸਪੱਸ਼ਟ ਕੀਤਾ ਕਿ 15 ਅਤੇ 16 ਫਰਵਰੀ ਨੂੰ ਅਮਰੀਕਾ ਤੋਂ ਭਾਰਤ ਆਈਆਂ ਉਡਾਣਾਂ ਵਿੱਚ ਮਹਿਲਾ ਪ੍ਰਵਾਸੀਆਂ ਨੂੰ ਹੱਥਕੜੀ ਨਹੀਂ ਲਗਾਈ ਗਈ ਸੀ।
ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸੀਪੀਐਮ ਦੇ ਸੰਸਦ ਮੈਂਬਰ ਜੌਨ ਬ੍ਰਿਟਸ ਨੇ ਸਰਕਾਰ ਤੋਂ ਪੁੱਛਿਆ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹੱਥਕੜੀ ਲਗਾ ਕੇ ਭਾਰਤ ਭੇਜੇ ਜਾਣ ਦੇ ਖਿਲਾਫ ਕੀ ਕਦਮ ਚੁੱਕੇ ਗਏ ਹਨ। ਇਸ ਦੇ ਜਵਾਬ ਵਿਚ ਕੇਂਦਰ ਸਰਕਾਰ ਨੇ ਕਿਹਾ ਕਿ ਭਾਰਤ ਨੇ ਅਮਰੀਕਾ ਦੇ ਅਜਿਹੇ ਵਤੀਰੇ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਅਮਰੀਕਾ ਨੇ ਭਰੋਸਾ ਦਿੱਤਾ ਹੈ ਕਿ 15 ਅਤੇ 16 ਫਰਵਰੀ ਨੂੰ ਆਉਣ ਵਾਲੀਆਂ ਉਡਾਣਾਂ ਵਿੱਚ ਔਰਤਾਂ ਅਤੇ ਬੱਚਿਆਂ ਨੂੰ ਹੱਥਕੜੀ ਨਹੀਂ ਲਗਾਈ ਗਈ ਸੀ ਅਤੇ ਅਧਿਕਾਰੀਆਂ ਨੇ ਖੁਦ ਭਾਰਤ ਪਹੁੰਚਣ ‘ਤੇ ਪ੍ਰਵਾਸੀਆਂ ਨਾਲ ਗੱਲ ਕਰਨ ਤੋਂ ਬਾਅਦ ਇਸ ਦੀ ਪੁਸ਼ਟੀ ਕੀਤੀ ਹੈ।
ਸਰਕਾਰ ਨੇ ਇਹ ਵੀ ਦੱਸਿਆ ਕਿ ਯੂਐਸ ਡਿਪਾਰਟਮੈਂਟ ਆਫ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੇ ਹਾਲ ਹੀ ਵਿੱਚ ਭਾਰਤ ਨੂੰ ਸੂਚਿਤ ਕੀਤਾ ਸੀ ਕਿ 295 ਹੋਰ ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਜਲਦੀ ਹੀ ਡਿਪੋਰਟ ਕੀਤਾ ਜਾਵੇਗਾ। ਇਹ ਸਾਰੇ ਅਮਰੀਕੀ ਅਧਿਕਾਰੀਆਂ ਦੀ ਹਿਰਾਸਤ ਵਿੱਚ ਹਨ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਚੱਲ ਰਹੀ ਹੈ। ਐਮਪੀ ਜੌਹਨ ਬ੍ਰਿਟਸ ਨੇ ਇਹ ਵੀ ਪੁੱਛਿਆ ਕਿ ਕਿੰਨੇ ਭਾਰਤੀ ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਨ ਅਤੇ ਕਿੰਨੇ ਲੋਕਾਂ ਨੂੰ ਭਾਰਤ ਭੇਜਣ ਦੀ ਯੋਜਨਾ ਹੈ। ਇਸ ‘ਤੇ ਸਰਕਾਰ ਨੇ ਕਿਹਾ ਕਿ ਅਮਰੀਕਾ ਨੇ ਅਜੇ ਤੱਕ ਇਹ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਹਾਲਾਂਕਿ 5 ਫਰਵਰੀ ਤੋਂ ਹੁਣ ਤੱਕ 388 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਡਿਪੋਰਟ ਕੀਤਾ ਜਾ ਚੁੱਕਾ ਹੈ।
ਸਵਾਲ ਇਹ ਵੀ ਉਠਾਏ ਗਏ ਕਿ ਅਮਰੀਕਾ ਤੋਂ ਪਰਤਣ ਵਾਲੀਆਂ ਫਲਾਈਟਾਂ ਅੰਮ੍ਰਿਤਸਰ ਵਿਚ ਹੀ ਕਿਉਂ ਲੈਂਡ ਕਰ ਰਹੀਆਂ ਹਨ। ਸਰਕਾਰ ਨੇ ਕਿਹਾ ਕਿ 40% ਗੈਰ-ਕਾਨੂੰਨੀ ਪ੍ਰਵਾਸੀ ਪੰਜਾਬ ਤੋਂ ਹਨ ਅਤੇ 34% ਹਰਿਆਣਾ ਤੋਂ ਆਉਂਦੇ ਹਨ, ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੇ ਨਜ਼ਦੀਕੀ ਸਥਾਨਾਂ ‘ਤੇ ਲਿਆਉਣਾ ਸੁਵਿਧਾਜਨਕ ਹੈ। ਕੇਂਦਰ ਸਰਕਾਰ ਮੁਤਾਬਕ 2009 ਤੋਂ 2024 ਦਰਮਿਆਨ 15,564 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਨਵੰਬਰ 2012 ਤੋਂ, ਸੰਯੁਕਤ ਰਾਜ ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਲਈ ਇੱਕ ਸਪੱਸ਼ਟ ਨੀਤੀ ਅਪਣਾਈ ਹੈ, ਜਿਸ ਵਿੱਚ ਔਰਤਾਂ ਅਤੇ ਬੱਚਿਆਂ ਨੂੰ ਆਮ ਤੌਰ ‘ਤੇ ਹੱਥਕੜੀ ਨਹੀਂ ਲਗਾਈ ਜਾਂਦੀ, ਪਰ ਫਲਾਈਟ ਅਧਿਕਾਰੀ ਅੰਤਿਮ ਫੈਸਲਾ ਲੈਂਦੇ ਹਨ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.