Buland kesari ;- ਦੇਸ਼ ਦਾ 76ਵਾਂ ਗਣਤੰਤਰ ਦਿਹਾੜਾ ਅੱਜ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ ‘ਤੇ ਪੰਜਾਬੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਈ ਚੱਲੀਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ, ਪਗੜੀ ਸੰਭਾਲ ਜੱਟਾ ਆਦਿ ਸੰਘਰਸ਼਼ੀ ਲਹਿਰਾਂ ਨੇ ਭਾਰਤ ਦੇ ਆਜ਼ਾਦੀ ਸੰਘਰਸ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ।
ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਆਦਿ ਹੋਰ ਅਨੇਕਾਂ ਹੀ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ। ਇਸ ਮੌਕੇ ਉਨ੍ਹਾਂ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਮੇਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੈਲਾਨੀਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿੱਜਦਾ ਕਰਦੇ ਹਨ, ਜਿਨ੍ਹਾਂ ਦੇ ਯੋਗਦਾਨ ਸਦਕਾ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ-ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ‘ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ।
ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸਹੁੰ ਚੁੱਕਣ ਉਪਰੰਤ ਸੂਬੇ ਦੀ ਭਲਾਈ ਲਈ ਕਾਰਜ ਸ਼ੁਰੂ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਆਪਣੇ 34 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.