ਪੰਜਾਬ ਵਿੱਚ ਬਣੀ ਭਾਜਪਾ ਦੀ ਸਰਕਾਰ ਤਾਂ ਕਰਾਵਾਂਗੇ ਹਾਦਸੇ ਦੀ ਉੱਚ ਪੱਧਰੀ ਜਾਂਚ-
Buland Kesari/ ਜਲੰਧਰ : ਜਲੰਧਰ ਬੱਸ ਸਟੈਂਡ ਨੇੜੇ ਫਲਾਈਓਵਰ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਗਾਇਕ ਹਨੀ ਸਿੰਘ ਦੇ ਭਤੀਜੇ ਸਮੇਤ ਦੋ ਨੌਜਵਾਨਾਂ ਦੀ ਮੌਤ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਗੌਤਮ ਕੁਕਰੇਜਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਗੌਤਮ ਕੁਕਰੇਜਾ ਨੇ ਕਿਹਾ ਕਿ ਸ਼ਹਿਰ ਵਿੱਚ ਸੜਕ ਸੁਰੱਖਿਆ ਦੇ ਪ੍ਰਬੰਧਾਂ ਦੀ ਅਸਲੀਅਤ ਇਸ ਹਾਦਸੇ ਤੋਂ ਸਾਹਮਣੇ ਆਈ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰੀ ਵਿਭਾਗਾਂ ਦੇ ਵਾਹਨ ਸੜਕਾਂ ਅਤੇ ਫਲਾਈਓਵਰਾਂ ‘ਤੇ ਕੰਮ ਲਈ ਖੜ੍ਹੇ ਕੀਤੇ ਜਾਂਦੇ ਹਨ ਤਾਂ ਲੋਕਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕਿਉਂ ਨਹੀਂ ਕੀਤੇ ਜਾਂਦੇ?
ਉਨ੍ਹਾਂ ਕਿਹਾ ਕਿ ਜੇਕਰ ਹਾਦਸੇ ਵਾਲੀ ਥਾਂ ‘ਤੇ ਖੜ੍ਹੀ ਟਰੈਕਟਰ-ਟਰਾਲੀ ਦੇ ਪਿੱਛੇ ਰਿਫਲੈਕਟਰ, ਚੇਤਾਵਨੀ ਲਾਈਟਾਂ ਅਤੇ ਸੁਰੱਖਿਆ ਬੈਰੀਕੇਡਿੰਗ ਨਹੀਂ ਸੀ ਤਾਂ ਇਹ ਬੇਹੱਦ ਗੰਭੀਰ ਲਾਪਰਵਾਹੀ ਦਾ ਮਾਮਲਾ ਹੈ। ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਦੀ ਗਲਤੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਨਗਰ ਨਿਗਮ ਦੀ ਟਰੈਕਟਰ-ਟਰਾਲੀ ਫਲਾਈਓਵਰ ‘ਤੇ ਕਿਸ ਦੇ ਹੁਕਮਾਂ ਨਾਲ ਖੜ੍ਹੀ ਸੀ?
ਭਾਜਪਾ ਆਗੂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਫਲਾਈਓਵਰ ‘ਤੇ ਟਰੈਕਟਰ-ਟਰਾਲੀ ਕਿਸ ਦੇ ਹੁਕਮਾਂ ਨਾਲ ਖੜ੍ਹੀ ਕੀਤੀ ਗਈ ਸੀ? ਕੀ ਉੱਥੇ ਵਾਹਨ ਖੜ੍ਹਾ ਕਰਨ ਦੀ ਇਜਾਜ਼ਤ ਸੀ? ਵਾਹਨ ਦੇ ਪਿੱਛੇ ਰਿਫਲੈਕਟਰ, ਲਾਲ ਝੰਡੀ, ਚੇਤਾਵਨੀ ਲਾਈਟਾਂ ਅਤੇ ਬੈਰੀਕੇਡਿੰਗ ਵਰਗੇ ਜ਼ਰੂਰੀ ਸੁਰੱਖਿਆ ਪ੍ਰਬੰਧ ਕਿਉਂ ਨਹੀਂ ਕੀਤੇ ਗਏ?
ਉਨ੍ਹਾਂ ਮੰਗ ਕੀਤੀ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ, ਸੁਪਰਵਾਈਜ਼ਰ, ਸਾਈਟ ਇੰਚਾਰਜ ਅਤੇ ਟਰੈਕਟਰ-ਟਰਾਲੀ ਚਾਲਕ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ। ਜੇਕਰ ਜਾਂਚ ਦੌਰਾਨ ਕਿਸੇ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।
AAP ਸਰਕਾਰ ਤੋਂ ਮੰਗਿਆ ਜਵਾਬ, ਕਿਹਾ – ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ
ਗੌਤਮ ਕੁਕਰੇਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿਕਾਸ ਦੇ ਦਾਅਵਿਆਂ ਦੇ ਨਾਲ-ਨਾਲ ਲੋਕਾਂ ਦੀ ਜਾਨ ਦੀ ਸੁਰੱਖਿਆ ਨੂੰ ਵੀ ਪਹਿਲ ਦੇਣੀ ਚਾਹੀਦੀ ਹੈ। ਨਗਰ ਨਿਗਮ ਦੀ ਜ਼ਿੰਮੇਵਾਰੀ ਸਿਰਫ਼ ਸਫ਼ਾਈ ਅਤੇ ਵਿਕਾਸ ਕਾਰਜ ਕਰਵਾਉਣਾ ਨਹੀਂ, ਸਗੋਂ ਇਨ੍ਹਾਂ ਕੰਮਾਂ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਹੈ।
ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਦੋ ਪਰਿਵਾਰਾਂ ਨੇ ਆਪਣੇ ਨੌਜਵਾਨ ਪੁੱਤਰ ਗੁਆ ਦਿੱਤੇ ਹਨ ਅਤੇ ਇਸ ਦੁੱਖ ਦੀ ਭਰਪਾਈ ਕੋਈ ਨਹੀਂ ਕਰ ਸਕਦਾ। ਪਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਹ ਦੱਸਣਾ ਪਵੇਗਾ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿੱਥੇ ਕਮੀ ਰਹਿ ਗਈ ਅਤੇ ਇਸ ਦੀ ਜਵਾਬਦੇਹੀ ਕਿਸ ਦੀ ਬਣਦੀ ਹੈ।
ਅੰਤ ਵਿੱਚ ਉਨ੍ਹਾਂ ਮੰਗ ਕੀਤੀ ਕਿ ਇਸ ਹਾਦਸੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਸਾਬਤ ਹੁੰਦੀ ਹੈ ਤਾਂ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਪੰਜਾਬ ਵਿੱਚ ਬਣੀ ਭਾਜਪਾ ਦੀ ਸਰਕਾਰ ਤਾਂ ਕਰਾਵਾਂਗੇ ਹਾਦਸੇ ਦੀ ਉੱਚ ਪੱਧਰੀ ਜਾਂਚ-
ਕੁਕਰੇਜਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ ਸਰਕਾਰ ਬਣਦੇ ਸਾਰ ਹੀ ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਲਈ ਐਸਆਈਟੀ ਗਠਿਤ ਕੀਤੀ ਜਾਵੇਗੀ। ਅਤੇ ਜੋ ਵੀ ਇਸ ਹਾਦਸੇ ਲਈ ਜਿੰਮੇਵਾਰ ਹੋਵੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਹਾਦਸੇ ਵਿੱਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਨੂੰ ਨਿਆ ਦਵਾਇਆ ਜਾਵੇਗਾ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








