Buland Kesari/ ਚੰਡੀਗੜ੍ਹ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਵਿੱਚ ਸਰਕਾਰ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਚੱਲ ਰਹੀ ਹੜਤਾਲ ਨੂੰ 27 ਜੁਲਾਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਕਿਹਾ ਹੈ ਕਿ ਜੇਕਰ ਸਰਕਾਰ ਨਾਲ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਵੀ ਮੰਗਾਂ ਬਾਰੇ ਕੋਈ ਠੋਸ ਫ਼ੈਸਲਾ ਨਾ ਹੋਇਆ ਤਾਂ ਅਗਲੇ ਸੰਘਰਸ਼ ਦੀ ਰਣਨੀਤੀ ਦਾ ਐਲਾਨ ਮੌਕੇ ‘ਤੇ ਹੀ ਕੀਤਾ ਜਾਵੇਗਾ।
ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਅਤੇ ਸੂਬਾ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਮਾਲ ਮੰਤਰੀ ਪੰਜਾਬ ਨਾਲ 30 ਜੂਨ ਅਤੇ 8 ਜੁਲਾਈ ਨੂੰ ਦੋ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਮੰਤਰੀ ਵੱਲੋਂ 22 ਜੁਲਾਈ ਨੂੰ ਮੁੜ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਨਿਰਧਾਰਤ ਤਾਰੀਖ਼ ਨੂੰ ਨਾ ਤਾਂ ਮੀਟਿੰਗ ਹੋਈ ਅਤੇ ਨਾ ਹੀ ਕਿਸੇ ਮੰਗ ਬਾਰੇ ਕੋਈ ਫ਼ੈਸਲਾ ਲਿਆ ਗਿਆ।
ਆਗੂਆਂ ਨੇ ਦੱਸਿਆ ਕਿ ਇਸ ਕਾਰਨ ਯੂਨੀਅਨ ਵੱਲੋਂ 23 ਜੁਲਾਈ ਤੋਂ 26 ਜੁਲਾਈ ਤੱਕ ਸਮੂਹ ਡੀ.ਸੀ. ਦਫ਼ਤਰਾਂ ਵਿੱਚ ਹੜਤਾਲ ਕਰਕੇ ਕੰਮਕਾਜ ਠੱਪ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਭੇਜੇ ਮੰਗ ਪੱਤਰ ਨੰਬਰ 75 ਮਿਤੀ 24 ਅਪ੍ਰੈਲ 2026 ਵਿੱਚ ਦਰਜ ਮੰਗਾਂ ਵਿੱਚੋਂ ਅਜੇ ਤੱਕ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ।
ਯੂਨੀਅਨ ਮੁਤਾਬਕ ਸਰਕਾਰ ਨੇ 27 ਜੁਲਾਈ ਨੂੰ ਮਾਲ ਮੰਤਰੀ ਦੀ ਅਗਵਾਈ ਹੇਠ ਮੀਟਿੰਗ ਲਈ ਸੱਦਾ ਦਿੱਤਾ ਹੈ, ਪਰ ਅਜੇ ਤੱਕ ਕਿਸੇ ਮੰਗ ਦੀ ਪੂਰਤੀ ਸਬੰਧੀ ਕੋਈ ਸਰਕਾਰੀ ਹੁਕਮ ਜਾਂ ਪੱਤਰ ਜਾਰੀ ਨਹੀਂ ਕੀਤਾ ਗਿਆ। ਇਸ ਲਈ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਰਕਾਰ ਨਾਲ ਮੀਟਿੰਗ ਵਿੱਚ ਸ਼ਾਮਲ ਹੋਵੇਗੀ, ਪਰ ਜੇਕਰ ਮੰਗਾਂ ਦੇ ਹੱਕ ਵਿੱਚ ਕੋਈ ਢੁੱਕਵਾਂ ਫ਼ੈਸਲਾ ਨਾ ਹੋਇਆ ਅਤੇ ਲਿਖਤੀ ਹੁਕਮ ਜਾਰੀ ਨਾ ਕੀਤੇ ਗਏ ਤਾਂ ਮੀਟਿੰਗ ਖ਼ਤਮ ਹੋਣ ਉਪਰੰਤ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਯੂਨੀਅਨ ਨੇ ਸੂਬੇ ਭਰ ਦੇ ਸਮੂਹ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਹੜਤਾਲ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਇਆ ਜਾਵੇ ਅਤੇ ਜੱਥੇਬੰਦੀ ਦੇ ਹਰ ਫ਼ੈਸਲੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








