Buland kesari ;- ਪੰਜਾਬ ‘ਚ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਸ਼ੁੱਕਰਵਾਰ ਰਾਤ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ”ਆਪ੍ਰੇਸ਼ਨ ਸਤਰਕ” ਚਲਾਇਆ ਗਿਆ। ਇਸ ਦੀ ਜਾਂਚ ਲਈ ਡੀਜੀਪੀ ਗੌਰਵ ਯਾਦਵ ਖੁਦ ਰਾਤ ਨੂੰ ਸੜਕਾਂ ‘ਤੇ ਉਤਰੇ। ਇਸ ਦੌਰਾਨ ਉਨ੍ਹਾਂ ਨੇ ਖੁਦ ਜਲੰਧਰ ਅਤੇ ਅੰਮ੍ਰਿਤਸਰ ‘ਚ ਅੱਧੀ ਰਾਤ ਨੂੰ ਪੁਲਿਸ ਵੱਲੋਂ ਕੀਤੀ ਜਾ ਰਹੀ ਨਾਕਾਬੰਦੀ ਦਾ ਅਚਨਚੇਤ ਨਿਰੀਖਣ ਕੀਤਾ। ਇਸੇ ਦੌਰਾਨ ਲੁਧਿਆਣਾ ਵਿੱਚ ਏਡੀਜੀਪੀ ਏਐਸ ਰਾਏ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸੰਵੇਦਨਸ਼ੀਲ ਇਲਾਕਿਆਂ ਦਾ ਮੁਆਇਨਾ ਕੀਤਾ।
ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ ਦੇ ਗੋਲਡਨ ਫਾਟਕ, ਰੇਲਵੇ ਸਟੇਸ਼ਨ ਅਤੇ ਛੇਹਰਟਾ ਥਾਣਾ ਖੇਤਰ ਦੇ ਬਾਹਰ ਲਾਏ ਨਾਕਿਆਂ ਦੀ ਜਾਂਚ ਕੀਤੀ ਅਤੇ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਖੁਦ ਚੈਕਿੰਗ ਕੀਤੀ ਅਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਹੌਸਲਾ ਅਫਜ਼ਾਈ ਕੀਤੀ।
ਜਲੰਧਰ ‘ਚ ਡੀ.ਜੀ.ਪੀ ਯਾਦਵ ਨੇ ਪਿਮਸ ਹਸਪਤਾਲ ਅਤੇ ਥਾਣਾ 7 ਦੇ ਨੇੜੇ ਸਥਿਤ ਚੈਕਿੰਗ ਪੋਸਟ ‘ਤੇ ਚੈਕਿੰਗ ਕੀਤੀ।ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਚੈਕ ਪੋਸਟ ‘ਤੇ ਮੌਜੂਦ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਲਈ ‘ਆਪ੍ਰੇਸ਼ਨ ਸਤਰਕ’ ਚਲਾਇਆ ਜਾ ਰਿਹਾ ਹੈ। ਇਸ ਤਹਿਤ ਉਹ ਖੁਦ ਨਾਕਿਆਂ ‘ਤੇ ਜਾ ਕੇ ਚੈਕਿੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਮਹੀਨੇ ਵਿੱਚ ਪੰਜਾਬ ਪੁਲਿਸ ਨੇ ਕਈ ਵੱਡੀਆਂ ਸਫਲਤਾਵਾਂ ਹਾਸਲ ਕੀਤੀਆਂ ਹਨ। ਕਈ ਨਸ਼ਾ ਤਸਕਰ ਫੜੇ ਗਏ ਹਨ ਅਤੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ ਡਰੋਨ ਸਿਸਟਮ ਸ਼ੁਰੂ ਕੀਤਾ ਗਿਆ ਹੈ, ਜੋ ਬਹੁਤ ਕਾਰਗਰ ਸਾਬਤ ਹੋ ਰਿਹਾ ਹੈ। ਇਸ ਤੋਂ ਇਲਾਵਾ ਸਰਹੱਦੀ ਖੇਤਰਾਂ ਵਿੱਚ ਨਿਗਰਾਨੀ ਵਧਾਉਣ ਲਈ 2100 ਦੇ ਕਰੀਬ ਕੈਮਰੇ ਲਗਾਏ ਜਾਣਗੇ ਤਾਂ ਜੋ ਨਸ਼ਾ ਤਸਕਰਾਂ ਨੂੰ ਪੂਰੀ ਤਰ੍ਹਾਂ ਕਾਬੂ ਕੀਤਾ ਜਾ ਸਕੇ।
ਗੌਰਵ ਯਾਦਵ ਨੇ ਪੰਜਾਬ ਦੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਲੜਾਈ ਵਿੱਚ ਪੁਲਿਸ ਦਾ ਸਾਥ ਦੇਣ ਤਾਂ ਜੋ ਸੂਬੇ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਇਕੱਲੀ ਇਹ ਜੰਗ ਨਹੀਂ ਜਿੱਤ ਸਕਦੀ, ਇਸ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਡੀਜੀਪੀ ਨੇ ਸਪੱਸ਼ਟ ਕੀਤਾ ਕਿ ਭਾਵੇਂ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਭਾਵੇਂ ਉਹ ਪੁਲਿਸ ਵਿਭਾਗ ਦਾ ਮੁਲਾਜ਼ਮ ਹੈ, ਉਸ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਹਾਲ ਹੀ ਵਿੱਚ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ।
ਨਾਕਿਆਂ ਦੀ ਚੈਕਿੰਗ ਕਰਨ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਇਲਾਕਿਆਂ ਦਾ ਦੌਰਾ ਵੀ ਕੀਤਾ, ਜਿੱਥੇ ਚੈਕਿੰਗ ਮੁਹਿੰਮ ਚੱਲ ਰਹੀ ਹੈ। ਉਨ੍ਹਾਂ ਉਥੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ।
ਦੂਜੇ ਪਾਸੇ ਬੀਤੀ ਰਾਤ ‘ਆਪਰੇਸ਼ਨ ਸਤਰਕ’ ਤਹਿਤ ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ 12 ਥਾਵਾਂ ‘ਤੇ ਵਿਸ਼ੇਸ਼ ਨਾਕੇਬੰਦੀ ਕੀਤੀ। ਨਾਕਾਬੰਦੀ ਦੌਰਾਨ ਹਰ ਲੰਘਣ ਵਾਲੇ ਵਾਹਨ ਚਾਲਕ ਦੀ ਤਲਾਸ਼ੀ ਲਈ ਗਈ। ਪੁਲਿਸ ਨੇ ਵਿਸ਼ੇਸ਼ ਤੌਰ ’ਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ। ਇਹ ਚੈਕਿੰਗ ਮੁਹਿੰਮ ਸਵੇਰੇ 4 ਵਜੇ ਤੱਕ ਸ਼ਹਿਰ ਵਿੱਚ ਜਾਰੀ ਰਹੀ। ਬੀਤੀ ਰਾਤ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਖ਼ੁਦ ਸੜਕਾਂ ਦੀ ਚੈਕਿੰਗ ਕਰਦੇ ਨਜ਼ਰ ਆਏ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.