Buland kesari;-ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤਾਂ ਲਈ ਇੱਕ ਵਿਸ਼ੇਸ਼ ਮੈਗਾ ਰੁਜ਼ਗਾਰ/ਨੌਕਰੀ ਕੈਂਪ ਲਗਾਇਆ ਜਾ ਰਿਹਾ ਹੈ। ਅਜਿਹੇ ਹੋਰ ਵਿਸ਼ੇਸ਼ ਮੈਗਾ ਰੁਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲੜੀਵਾਰ ਲਗਾਏ ਜਾਣਗੇ।
ਇਹ ਐਲਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿਚ 10ਵੀਂ, 12ਵੀਂ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਲੜਕੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ
ਕਰਨ ਲਈ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ | ਇਹ ਕੈਂਪ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ-ਨਾਲ ਸਵੈ-ਰੁਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਸਵੈ-ਰੁਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਇੱਛੁਕ ਬਿਨੈਕਾਰਾਂ ਨੂੰ ਕਰਜ਼ੇ ਵੀ ਮੁਹੱਈਆ ਕਰਵਾਏ ਜਾਣਗੇ। ਮੰਤਰੀ ਨੇ ਰਾਜ ਦੀਆਂ ਔਰਤਾਂ ਨੂੰ ਮੈਗਾ ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਰਾਹੀਂ ਪਿੰਡਾਂ ਵਿੱਚ ਜਾ ਕੇ ਅੌਰਤਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕਰਨ।
ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਲੜੀਵਾਰ ਰੁਜ਼ਗਾਰ ਕੈਂਪ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਰੁਜ਼ਗਾਰ ਕੈਂਪ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਔਰਤਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਰੁਜ਼ਗਾਰ ਵਿੱਚ ਲਿੰਗ ਪਾੜੇ ਨੂੰ ਖਤਮ ਕਰਨਾ, ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਅਤੇ ਔਰਤਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.