Buland kesari/ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਕ ਮਤਾ ਪਾਸ ਕਰ ਕੇ ਅਮਰੀਕਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਟਰੱਕ ਡ੍ਰਾਈਵਰ ਹਰਜਿੰਦਰ ਸਿੰਘ ਦੇ ਕੇਸ ਵਿਚ ਮਨੁੱਖਤਾ ਵਾਲਾ ਰਵੱਈਆ ਅਪਣਾਵੇ ਅਤੇ ਪਾਰਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਨੌਜਵਾਨ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰੇ ਅਤੇ ਯਕੀਨੀ ਬਣਾਵੇ ਕਿ ਉਸ ਕੋਲ ਕਾਨੂੰਨੀ ਵਿਕਲਪ ਹੋਣ।
ਇਹ ਮਤਾ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਛੇ ਜ਼ਿਲ੍ਹਿਆਂ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਵਿਚ ਪਾਸ ਕੀਤਾ ਗਿਆ।
ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਮੋਗਾ ਵਿਚ 28 ਅਗਸਤ ਨੂੰ ਹੋਣ ਵਾਲੀ ਸਿਆਸੀ ਕਾਨਫਰੰਸ ਜਿਸਨੂੰ ਫਤਿਹ ਰੈਲੀ ਦਾ ਨਾਂ ਦਿੱਤਾ ਗਿਆ ਹੈ, ਪਾਰਟੀ ਅਜਿਹਾ ਪ੍ਰੋਗਰਾਮ ਦੇਵੇ ਜਿਸ ਨਾਲ ਕੇਂਦਰ ਦੀਆਂ ਪਾਰਟੀਆਂ ਨੂੰ ਕਰੜੇ ਹੱਥੀਂ ਲਿਆ ਜਾਵੇ ਜਿਹਨਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਆਗੂਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਇਸ ਕਾਨਫਰੰਸ ਵਿਚ 2 ਲੱਖ ਤੋਂ ਜ਼ਿਆਦਾ ਪੰਜਾਬੀਆਂ ਦਾ ਇਕੱਠ ਹੋਵੇਗਾ ਜੋ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿਚ ਰਾਜ ਦਾ ਅੰਤ ਲਿਆਉਣ ਲਈ ਬਿਗਲ ਵਜਾਵੇਗਾ ਅਤੇ 2027 ਵਿਚ ਅਕਾਲੀ ਦਲ ਦੀ ਸਰਕਾਰ ਲਿਆਉਣ ਦਾ ਨੀਂਹ ਪੱਥਰ ਰੱਖੇਗਾ।
ਇਸ ਦੌਰਾਨ ਹਰਜਿੰਦਰ ਸਿੰਘ ਬਾਰੇ ਮਤੇ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਸਨੂੰ ਮਿਹਨਤੀ ਪੰਜਾਬੀ ਤੇ ਸਿੱਖ ਪ੍ਰਵਾਸੀਆਂ ਦਾ ਮੈਂਬਰ ਦੱਸਿਆ ਜਿਸਨੂੰ ਸੜਕ ਹਾਦਸੇ ਤੋਂ ਬਾਅਦ ਨਿਰਪੱਖ ਮੁਕੱਦਮੇ ਦਾ ਸਾਹਮਣਾ ਕਰਨ ਦਾ ਹੱਕ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੂੰ ਇਹ ਜਾਣ ਕੇ ਡੂੰਘਾ ਦੁੱਖ ਲੱਗਾ ਹੈ ਕਿ ਹਰਜਿੰਦਰ ਸਿੰਘ ਨੂੰ ਬਿਨਾਂ ਦਸਤਾਰ ਦੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਤੇ ਵਿਚ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰ ਨਾਲ ਵੀ ਦਿਲੀ ਹਮਦਰਦੀ ਪ੍ਰਗਟ ਕੀਤੀ ਗਈ, ਅਮਰੀਕਾ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਹਰਜਿੰਦਰ ਸਿੰਘ ਪਿਛੋਕੜ, ਹਾਲਾਂਤ ਅਤੇ ਪੰਜਾਬੀ ਭਾਈਚਾਰੇ ਦੇ ਯੋਗਦਾਨ ਨੂੰ ਵੇਖਦਿਆਂ ਮਨੁੱਖਤਾ ਦੇ ਆਧਾਰ ’ਤੇ ਕਾਰਵਾਈ ਕਰੇ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








