Buland kesari/ਗੁਰਦਾਸਪੁਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮੈਰੀਟੋਰੀਅਸ ਸਕੂਲ ‘ਚ ਪੜ੍ਹਦੇ ਕੁਝ ਵਿਦਿਆਰਥੀਆਂ ਦੀ ਅਚਾਨਕ ਸਿਹਤ ਵਿਗੜ ਗਈ ਹੈ। ਜਾਣਕਾਰੀ ਮੁਤਾਬਕ 8 ਵਿਦਿਆਰਥੀਆਂ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਮਗਰੋਂ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹਸਪਤਾਲ ਵਿੱਚ ਮੌਜੂਦ ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਜਦੋਂ ਤੋਂ ਰਾਤ ਦਾ ਖਾਣਾ ਖਾਧਾ ਹੈ, ਉਦੋਂ ਤੋਂ ਹੀ ਉਨ੍ਹਾਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਡਾਕਟਰਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਹ ਫੂਡ ਪੁਆਇਜ਼ਨਿੰਗ ਦਾ ਮਾਮਲਾ ਹੋ ਸਕਦਾ ਹੈ, ਹਾਲਾਂਕਿ ਇਸ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਕੀਤੀ ਜਾ ਸਕੇਗੀ।
ਉੱਥੇ ਹੀ ਬੀਮਾਰ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਪ੍ਰਬੰਧਨ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਕੂਲ ਵੱਲੋਂ ਬੱਚਿਆਂ ਨੂੰ ਮਿਲਣ ਵਾਲੇ ਖਾਣੇ ਦੀ ਗੁਣਵੱਤਾ ਠੀਕ ਨਹੀਂ ਹੈ ਅਤੇ ਇਸ ਸਬੰਧ ਵਿੱਚ ਉਹ ਪਹਿਲਾਂ ਵੀ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਦੀ ਲਾਪਰਵਾਹੀ ਕਾਰਨ ਬੱਚਿਆਂ ਦੀ ਸਿਹਤ ਖ਼ਤਰੇ ਵਿੱਚ ਪਈ ਹੈ।
ਬੀਮਾਰ ਵਿਦਿਆਰਥੀਆਂ ਨੇ ਦੱਸਿਆ ਕਿ ਰਾਤ ਕਰੀਬ 8:30 ਵਜੇ ਅਚਾਨਕ 8 ਤੋਂ 10 ਬੱਚਿਆਂ ਦੀ ਤਬੀਅਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬੱਚਿਆਂ ਦੀ ਹਾਲਤ ਕਾਫੀ ਨਾਜ਼ੁਕ ਸੀ ਅਤੇ ਉਹ ਦਰਦ ਕਾਰਨ ਤੜਫ ਰਹੇ ਸਨ।
ਇਸ ਮਾਮਲੇ ’ਤੇ ਸਕੂਲ ਦੇ ਪ੍ਰਿੰਸੀਪਲ ਨੇ ਸਫਾਈ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਨੂੰ ਸਾਫ-ਸੁਥਰਾ ਅਤੇ ਮਿਆਰੀ ਖਾਣਾ ਹੀ ਦਿੱਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਦੀ ਸਿਹਤ ਅਚਾਨਕ ਵਿਗੜੀ ਹੈ। ਪ੍ਰਿੰਸੀਪਲ ਨੇ ਦੱਸਿਆ ਕਿ ਉਹ ਉਸ ਦਿਨ ਮੈਡੀਕਲ ਲੀਵ ’ਤੇ ਸਨ ਅਤੇ ਜਦੋਂ ਉਨ੍ਹਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਤਾਂ ਉਹ ਤੁਰੰਤ ਸਿਵਲ ਹਸਪਤਾਲ ਪਹੁੰਚੇ। ਫਿਲਹਾਲ ਸਿਵਲ ਹਸਪਤਾਲ ਵਿੱਚ ਦਾਖਲ ਵਿਦਿਆਰਥੀਆਂ ਦਾ ਇਲਾਜ ਜਾਰੀ ਹੈ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.









