Buland kesari/ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 2600 ਅਪ੍ਰੈਂਟਿਸਸ਼ਿਪ ਯੂਨੀਅਨ ਦੇ ਨੌਜਵਾਨਾਂ ‘ਤੇ ਲਾਠੀਚਾਰਜ ਕੀਤਾ। ਦੱਸ ਦਈਏ ਕਿ ਪਟਿਆਲਾ ’ਚ ਪਾਵਰਕਾਮ ਦੇ ਮੁੱਖ ਦਫਤਰ ਦੇ ਬਾਹਰ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਦਫਤਰ ਦੇ ਤਿੰਨੋਂ ਗੇਟਾਂ ਨੂੰ ਬੰਦ ਕਰ ਦਿੱਤਾ। ਜਿਸ ਤੋਂ ਬਾਅਦ ਵੱਡੀ ਗਿਣਤੀ ’ਚ ਤੈਨਾਤ ਪੁਲਿਸ ਦੀ ਟੀਮ ਵੱਲੋਂ ਨੌਜਵਾਨਾਂ ’ਤੇ ਲਾਠੀਚਾਰਜ ਕਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਿਕ 1 ਜੂਨ ਤੋਂ ਆਪਣੀਆਂ ਹੱਕੀ ਮੰਗਾਂ ਦੇ ਚੱਲਦੇ ਨੌਜਵਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਯੂਨੀਅਨ ਦਾ ਇਲਜ਼ਾਮ ਹੈ ਕਿ ਪਿਛਲੇ ਕਈ ਦਿਨਾਂ ਤੋਂ ਪਾਵਰਕਾਮ ਮੈਨੇਜਮੈਂਟ ਨਾਲ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ, ਪਰ ਕੋਈ ਸਾਰਥਕ ਹੱਲ ਨਹੀਂ ਨਿਕਲਿਆ। ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਨੌਜਵਾਨਾਂ ‘ਤੇ ਲਾਠੀਚਾਰਜ ਕੀਤਾ। ਪੁਲਿਸ ਨੂੰ ਔਰਤਾਂ ਨੂੰ ਡੰਡਿਆਂ ਨਾਲ ਮਾਰਦੇ ਵੀ ਦੇਖਿਆ ਗਿਆ।
ਯੂਨੀਅਨ ਦਾ ਕਹਿਣਾ ਹੈ ਕਿ ਸਾਰੀਆਂ ਸ਼ਰਤਾਂ ਨੂੰ ਪੂਰੀਆਂ ਕਰਨ ਦੇ ਬਾਵਜੂਦ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਉੱਥੇ ਹੀ ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਅੱਜ ਪਟਿਆਲਾ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ‘2600 ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ’ ਦੇ ਆਈ.ਟੀ.ਆਈ. ਤੋਂ ਸਿਖਲਾਈ ਪ੍ਰਾਪਤ ਅਪ੍ਰੈਂਟਿਸਾਂ ‘ਤੇ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਾ ਹਾਂ।
ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਸ ਦੀ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ, ਸਹਾਇਕ ਲਾਈਨਮੈਨ ਅਸਾਮੀਆਂ ਲਈ ਬੇਲੋੜੀ ਲਿਖਤੀ ਪ੍ਰੀਖਿਆ ਨੂੰ ਰੱਦ ਕਰਨ, ਅਤੇ ਕੀਤੇ ਵਾਅਦਿਆਂ ਅਨੁਸਾਰ ਭਰਤੀ ਵਿੱਚ ਤਰਜੀਹ ਦੇਣ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਤੋਂ ਕਿਉਂ ਇਨਕਾਰ ਕਰ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਆਪਣੀ ਜੁਬਾਨ ਤੇ ਨਹੀਂ ਖੜ੍ਹ ਰਿਹਾ ਤੇ ਸਿਰਫ਼ ਝੂਠਾ ਪ੍ਰਚਾਰ ਕਰ ਰਿਹਾ ਹੈ ਜਦੋਂ ਕਿ ਨੌਜਵਾਨਾਂ ‘ਤੇ ਨੌਕਰੀਆਂ ਦੀ ਜਾਇਜ਼ ਮੰਗ ਕਰਨ ਲਈ ਡਾਂਗਾ ਵਰ੍ਹਾਈਆਂ ਜਾ ਰਹੀਆਂ ਹਨ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








