Buland kesari ;- ਚੰਡੀਗੜ੍ਹ : Punjab ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ ਦੀ ਖੇਤੀ ਛੱਡ ਕੇ ਸਬਜੀਆਂ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਅਪਣਾਉਣ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦੇਣ।
ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨ ਕਣਕ ਤੇ ਝੋਨੇ ਥੱਲੇ ਰਕਬਾ ਘਟਾਉਣ ਅਤੇ ਵੱਖ-ਵੱਖ ਫਸਲਾਂ ਦੀ ਖੇਤੀ ਕਰਕੇ ਲਾਭ ਕਮਾਉਣ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕਿਸਾਨ ਜਿੱਥੇ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਨਿਕਲ ਸਕਦੇ ਹਨ, ਉੁੱਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣ-ਬੁੱਝ ਕੇ ਲਾਈਆਂ ਜਾ ਰਹੀਆਂ ਰੋਕਾਂ ਤੋਂ ਵੀ ਨਿਜਾਤ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਹੀਂ ਚੁੱਕੇ ਅਤੇ ਲੋੜੀਂਦੀ ਥਾਂ ਖਾਲੀ ਨਹੀਂ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਹੋਈ।
ਸ. ਸੰਧਵਾਂ ਨੇ ਝੋਨੇ ਥੱਲੇ ਰਕਬਾ ਘਟਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੇ ਖੇਤੀ ਸੈਕਟਰ ਨੂੰ ਖਤਮ ਕਰਨ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਲਮੇ ਸਮੇਂ ਤੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾ ਰਹੀ ਹੈ ਅਤੇ ਵੱਡੇ ਕਾਰੋਬਾਰੀਆਂ ਦੇ ਹਿੱਤ ‘ਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਹਵਾ ਪ੍ਰਦੂਸ਼ਣ ਲਈ ਸਿਰਫ ਤੇ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਢੁਕਵੇਂ ਹੱਲ ਕੱਢਣ ਦੀ ਬਜਾਏ ਉਨ੍ਹਾਂ ਨੂੰ ਰਾਜਸੀ ਸਾਜਿਸ਼ ਤਹਿਤ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ
ਸ. ਸੰਧਵਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਕੋਲ ਆਰਗੈਨਿਕ ਖੇਤੀ ਦਾ ਬਦਲ ਵੀ ਮੌਜੂਦ ਹੈ, ਜਿਸ ਰਾਹੀਂ ਚੌਖਾ ਲਾਭ ਵੀ ਕਮਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਸਹਿਕਾਰੀ ਗੁਰੱਪ ਬਣਾ ਕੇ ਛੋਟੇ ਉਦਯੋਗ ਵੀ ਸਥਾਪਿਤ ਕਰ ਸਕਦੇ ਹਨ ਅਤੇ ਆਪਣੀਆਂ ਫਸਲਾਂ ਤੋਂ ਮੁਨਾਫਾ ਵੀ ਕਮਾ ਸਕਦੇ ਹਨ।
ਸਪੀਕਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ, ਕਿਸਾਨਾਂ ਦੇ ਸਹਿਯੋਗ ਨਾਲ ਫਸਲੀ ਵਿਭਿੰਨਤਾ ਦਾ ਟੀਚਾ ਪੂਰਾ ਕਰਨ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਹਰ ਸੰਭਵ ਕਦਮ ਚੁੱਕ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਸਰੋਤ ਲਗਾਤਾਰ ਘਟ ਰਹੇ ਹਨ, ਜਿਸਦੇ ਮੱਦੇਨਜ਼ਰ ਫਸਲੀ ਵਿਭਿੰਨਤਾ ਸਮੇਂ ਦੀ ਵੱਡੀ ਜ਼ਰੂਰਤ ਬਣ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇਰੇ ਜੀਵਨ ਲਈ ਸਾਡੀ ਜ਼ਿਮੇਵਾਰੀ ਬਣਦੀ ਹੈ ਕਿ ਅਸੀਂ ਕੁਦਰਤੀ ਸਰੋਤਾਂ ਨੂੰ ਸੰਭਵ ਕੇ ਵਰਤੀਏ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.